ਹਰ ਵਰਗ ‘ਤੇ ਪਵੇਗਾ ਬੋਝ: ਤੇਲ ਦੀਆਂ ਕੀਮਤਾਂ ਦੇ ਵਾਧੇ ਦੀ ਕੀਤੀ ਨਿਖੇਧੀ
ਜਲੰਧਰ, 12 ਜੂਨ
ਜਮਹੂਰੀ ਕਿਸਾਨ ਸਭਾ ਨੇ ਤੇਲ ਦੀਆਂ ਕੀਮਤਾਂ ‘ਚ ਵਾਧੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਇਸ ਨਾਲ ਹਰ ਵਰਗ ‘ਤੇ ਬੋਝ ਪਵੇਗਾ।
ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰੈਸ ਸਕੱਤਰ ਹਰਨੇਕ ਸਿੰਘ ਗੁਜਰਵਾਲ ਨੇ ਆਗੂਆਂ ਵਲੋਂ ਜਾਰੀ ਕੀਤੇ ਉਕਤ ਬਿਆਨ ਦੇ ਸੰਦਰਭ ‘ਚ ਕਿਹਾ ਕਿ ਪੰਜਾਬ ਸਰਕਾਰ ਨੇ ਤੇਲ ਕੀਮਤਾਂ 'ਚ ਵਾਧੇ ਦਾ ਐਲਾਨ ਕੀਤਾ ਹੈ ਜਿਸ ਨਾਲ ਸੂਬੇ ਦੇ ਲੋਕਾਂ 'ਤੇ ਕਰੀਬ 620 ਕਰੋੜ ਰੁਪਏ ਦਾ ਵਾਧੂ ਬੋਝ ਪੈਣ ਦਾ ਅਨੁਮਾਨ ਹੈ। ਸਰਕਾਰ ਨੇ ਪੈਟਰੋਲ ਦੀ ਕੀਮਤ ਵਿੱਚ 92 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 88 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਹੈ। ਸੂਬਾ ਸਰਕਾਰ ਦੇ ਇਸ ਕਦਮ ਨਾਲ ਆਮ ਲੋਕਾਂ ਦੀ ਜੇਬ 'ਤੇ ਭਾਰ ਪਵੇਗਾ। ਇਸ ਦੇ ਨਾਲ ਹੀ ਕਿਸਾਨਾਂ ਦੇ ਲਾਗਤ ਖ਼ਰਚੇ ਵੀ ਵਧਣਗੇ।
ਪੰਜਾਬ ਸਰਕਾਰ ਨੇ ਬਜਟ ਵਿੱਚ ਕਿਸੇ ਤਰ੍ਹਾਂ ਦਾ ਕੋਈ ਟੈਕਸ ਨਹੀਂ ਲਗਾਇਆ ਸੀ। ਆਗੂਆਂ ਨੇ ਕਿਹਾ ਕਿ ਕਿਸੇ ਵੇਲੇ ਬਜਟ ਵੇਲੇ ਹੀ ਕੀਮਤਾਂ ਵਧਾਈਆਂ ਘਟਾਈਆਂ ਜਾਂਦੀਆਂ ਸਨ ਪਰ ਅਜੋਕੇ ਦੌਰ ‘ਚ ਮਨਮਰਜ਼ੀ ਨਾਲ ਰੇਟ ਵਧਾ ਕੇ ਲੋਕਾਂ ‘ਤੇ ਬੋਝ ਪਾਇਆ ਜਾਂਦਾ ਹੈ। ਆਗੂਆਂ ਨੇ ਕਿਹਾ ਕਿ ਆਮ ਲੋਕਾਂ ਨੂੰ ਪੰਜਾਬ ਸਰਕਾਰ ਖ਼ਿਲਾਫ਼ ਆਪਣੇ ਵਿਰੋਧ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ ਕਿਉਂਕਿ ਹਾਲ ‘ਚ ਹੀ ਬਜਟ ਪੇਸ਼ ਕਰਨ ਵੇਲੇ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਕੋਈ ਟੈਕਸ ਨਹੀਂ ਲਗਾਇਆ ਜਾ ਰਿਹਾ। ਆਗੂਆਂ ਨੇ ਕਿਹਾ ਕਿ ਸਰਕਾਰ ਦੀ ਕਹਿਣੀ ਕਰਨੀ ਇੱਕ ਨਹੀਂ ਹੈ, ਜਿਸ ਤੋਂ ਸਰਕਾਰ ਦਾ ਚਿਹਰਾ ਨੰਗਾ ਹੁੰਦਾ ਹੈ।

Comments
Post a Comment