ਜਗਰਾਓ ‘ਚ 21 ਮਈ ਨੂੰ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਦੀਆਂ ਤਿਆਰੀਆਂ ਲਈ ਕਿਸਾਨ ਹੋਏ ਪੱਬਾਂ ਭਾਰ
ਲੁਧਿਆਣਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜਗਰਾਓ ’ਚ 21 ਮਈ ਨੂੰ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਦੀ ਤਿਆਰੀ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਜੋਧਾਂ ਦੀ ਮੀਟਿੰਗ ਪ੍ਰਧਾਨ ਜਗਵਿੰਦਰ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਪਿੰਡ ਲੱਲਤੋ ਖੁਰਦ ’ਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਇਲਾਕਾ ਕਮੇਟੀ ਦੇ ਸਕੱਤਰ ਡਾ. ਅਜੀਤ ਰਾਮ ਸ਼ਰਮਾ ਝਾਂਡੇ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਵਿਰੁੱਧ ਅਤੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਮਨਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਲੁਧਿਆਣਾ ‘ਚ ਪੈਂਦੀ ਤਹਿਸੀਲ ਜਗਰਾਓ ਦੀ ਦਾਣਾ ਮੰਡੀ ਵਿੱਚ 21 ਮਈ ਨੂੰ ਕੀਤੀ ਜਾਣ ਵਾਲੀ ਕਿਸਾਨ ਮਹਾਂ ਪੰਚਾਇਤ ਭਾਰਤੀ ਜਨਤਾ ਪਾਰਟੀ ਦੇ ਰਾਜ ਭਾਗ ਨੂੰ ਕੇਂਦਰ ਵਿੱਚੋਂ ਖਤਮ ਕਰ ਦੇਵੇਗੀ। ਆਗੂਆਂ ਨੇ ਆਖਿਆ ਕਿ ਜ਼ਿਲ੍ਹੇ ਭਰ ਵਿੱਚ ਇਸ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ। ਕਿਸਾਨਾਂ ਨੇ ਆਪਣੇ ਕੰਮਾਾਂ ਨੂੰ ਨਿਬੇੜਨਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਉਹ ਇਸ ਪੰਚਾਇਤ ਦਾ ਹਿੱਸਾ ਬਣ ਸਕਣ।
ਉਹਨਾਂ ਕਿਹਾ ਕਿ ਜਿੱਥੇ ਕਿਸਾਨ ਇਸ ਮਹਾਂ ਪੰਚਾਇਤ ਦੀ ਤਿਆਰੀ ਲਈ ਪੱਬਾਂ ਭਾਰ ਹੋਏ ਹਨ, ਉੱਥੇ ਮਜ਼ਦੂਰਾਂ, ਆੜ੍ਹਤੀਆਂ, ਟਰੇਡ ਯੂਨੀਅਨਾਂ ਦੇ ਵਰਕਰਾਂ, ਮੁਲਾਜ਼ਮਾਂ, ਪੱਲੇਦਾਰਾਂ, ਔਰਤਾਂ, ਨੌਜਵਾਨਾਂ, ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਜਨਤਕ ਜਥੇਬੰਦੀਆਂ ਵੀ ਸ਼ਾਮਲ ਹੋਣਗੀਆਂ। ਆਗੂਆਂ ਨੇ ਆਖਿਆ ਕਿ ਭਾਜਪਾ ਵੱਲੋਂ ਫੈਲਾਏ ਜਾ ਰਹੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਪਿੰਡਾਂ ਦੇ ਆਪਸੀ ਭਾਈਚਾਰੇ ਨੂੰ ਬਣਾਕੇ ਰੱਖਣ ਦੀ ਲੋੜ ਹੈ।
ਆਗੂਆਂ ਦੇ ਦਾਅਵਾ ਕੀਤਾ ਕਿ ਇਲਾਕੇ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਇਸ ਮਹਾਂ ਪੰਚਾਇਤ ਦਾ ਹਿੱਸਾ ਬਣਨਗੇ। ਇਸ ਮੌਕੇ ਹੋਰਨਾ ਤੋਂ ਇਲਾਵਾ ਅਮਰਜੀਤ ਸਿੰਘ ਸਹਿਜਾਦ, ਸੁਖਦੀਪ ਸਿੰਘ ਰਾਜੂ ਆੜ੍ਹਤੀਆਂ, ਗੁਰਚਰਨ ਸਿੰਘ, ਗੁਰਮੇਲ ਸਿੰਘ (ਦੋਵੇ ਲੱਲਤੋ ਕਲਾਂ), ਪਵਿੱਤਰ ਸਿੰਘ, ਬਲਵਿੰਦਰ ਸਿੰਘ, ਜਸਪਾਲ ਸਿੰਘ, (ਸਾਰੇ ਲੱਲਤੋ ਖ਼ੁਰਦ) ਬਲਜਿੰਦਰ ਸਿੰਘ ਝਾਂਡੇ, ਕਿੱਕਰ ਸਿੰਘ, ਮਨਵੀਰ ਸਿੰਘ ਆਦਿ ਹਾਜ਼ਰ ਸਨ।

Comments
Post a Comment