ਚੌਂਕੀਮਾਨ ਟੋਲ ਪਲਾਜ਼ਾ ਅਤੇ ਕੁਹਾੜਾ ਵਿਖੇ ਹੋਏ ਜ਼ਬਰਦਸਤ ਰੋਸ ਪ੍ਰਦਰਸ਼ਨ
ਚੌਂਕੀਮਾਨ: ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਲੁਧਿਆਣਾ ਰੈਲੀ ਦਾ ਵਿਰੋਧ ਕਰਨ ਲਈ ਕਿਸਾਨਾਂ ਨੇ ਕਾਫਲੇ ਬਣਾ ਕੇ ਵੱਖ ਵੱਖ ਰਸਤਿਆਂ ਰਾਹੀਂ ਲੁਧਿਆਣਾ ਵੱਲ ਨੂੰ ਵਹੀਰਾਂ ਘੱਤ ਦਿੱਤੀਆਂ। ਚੌਂਕੀਮਾਨ ਟੋਲ ਪਲਾਜ਼ਾ ਤੇ ਅਤੇ ਕੁਹਾੜਾ ਵਿਖੇ ਕਿਸਾਨਾਂ ਦੇ ਭਾਰੀ ਹਜੂਮ ਜਮਾਂ ਹੋ ਗਏ ਪਰ ਭਾਰੀ ਪੁਲਿਸ ਬਲ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ।
ਇਸ ਘਟਨਾ ਕਰਮ ਬਾਰੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ ਅਤੇ ਫਰਮਾਨ ਸਿੰਘ ਸੰਧੂ ਨੇ ਦੱਸਿਆ ਕਿ ਚੌਂਕੀਮਾਨ ਟੋਲ ਪਲਾਜਾ ’ਤੇ ਭਾਰੀ ਪੁਲਿਸ ਫੋਰਸ ਨੇ ਰਸਤੇ ਵਿੱਚ ਟਰੱਕ ਲਗਾ ਕੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਤਾਂ ਕਿਸਾਨਾਂ ਨੇ ਉੱਥੇ ਹੀ ਸਟੇਜ ਲਗਾ ਕੇ ਰੈਲੀ ਕਰਨੀ ਸ਼ੁਰੂ ਕਰ ਦਿੱਤੀ ਇਸ ਪ੍ਰਦਰਸ਼ਨ ਦੀ ਅਗਵਾਈ ਬੀਕੇਯੂ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕੁੱਲਹਿੰਦ ਕਿਸਾਨ ਸਭਾ ਦੇ ਆਗੂ ਚਮਕੌਰ ਸਿੰਘ ਬਰਮੀ, ਕਿਰਤੀ ਕਿਸਾਨ ਮੋਰਚਾ ਰੋਪੜ ਦੇ ਆਗੂ ਬੀਰ ਸਿੰਘ ਬੜਵਾ, ਜਮਹੂਰੀ ਕਿਸਾਨ ਸਭਾ ਦੇ ਆਗੂ ਬਲਰਾਜ ਸਿੰਘ, ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਮਲਸੀਹਾਂ,ਬੀਕੇਯੂ ਰਾਜੇਵਾਲ ਦੇ ਆਗੂ ਰਣਬੀਰ ਸਿੰਘ , ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਆਗੂ ਮਨਜਿੰਦਰ ਸਿੰਘ ਮੋਰ ਕਰੀਮਾਂ, ਬੀਕੇਯੂ ਕਾਦੀਆਂ ਦੇ ਆਗੂ ਬਲਵਿੰਦਰ ਸਿੰਘ ਗੁੱਜਰਵਾਲ ਨੇ ਕੀਤੀ।
ਦੂਜੇ ਪਾਸੇ ਕੁਹਾੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਵਿੱਚ ਕਿਸਾਨ ਇਕੱਠੇ ਹੋਏ ਤਾਂ ਉਹਨਾਂ ਨੂੰ ਵੀ ਪੁਲਿਸ ਨੇ ਰੋਕਾਂ ਲਾ ਕੇਅੱਗੇ ਵਧਣ ਤੋਂ ਰੋਕ ਦਿੱਤਾ। ਇੱਥੇ ਇਕੱਠੇ ਹੋਏ ਕਿਸਾਨਾਂ ਦੀ ਅਗਵਾਈ ਹਰਿੰਦਰ ਸਿੰਘ ਲੱਖੋਵਾਲ, ਅਵਤਾਰ ਸਿੰਘ ਸਰਪ੍ਰਸਤ ਪੰਜਾਬ, ਪਰਮਿੰਦਰ ਸਿੰਘ ਪਾਲਮਾਜਰਾ, ਗੁਰਪ੍ਰੀਤ ਸਿੰਘ ਸਾਹਾਬਾਣਾ ਅਤੇ ਦਵਿੰਦਰ ਸਿੰਘ ਦੇਹਕਲਾਂ ਨੇ ਕੀਤੀ।
ਦੋਵੇਂ ਥਾਵਾਂ ਤੇ ਬੋਲਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਭਾਜਪਾ ਖਿਲਾਫ ਆਪਣਾ ਵਿਰੋਧ ਦਰਜ ਕਰਵਾਉਣਾ ਚਾਹੁੰਦੇ ਸਨ ਪਰ ਪੁਲਿਸ ਵੱਲੋਂ ਸਾਰੇ ਪੰਜਾਬ ਵਿੱਚ ਗ੍ਰਿਫਤਾਰੀਆਂ ਦਾ ਦੌਰ ਚਲਾ ਕੇ ਅਤੇ ਕਿਸਾਨਾਂ ਦੇ ਕਾਫਲਿਆਂ ਨੂੰ ਰੋਕ ਕੇ ਜਮਹੂਰੀਅਤ ਦਾ ਘਾਣ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ 10 ਸਾਲ ਜੁਮਲਿਆਂ ਨਾਲ ਹੀ ਸਾਰਿਆ ਹੈ ਅਤੇ ਦੇਸ਼ ਦੀ ਸਾਰੀ ਪੂੰਜੀ ਕਾਰਪੋਰੇਟ ਘਰਾਣਿਆਂ ਨੂੰ ਸੌਂਪ ਦਿੱਤੀ ਹੈ। ਕਿਸਾਨਾਂ ਦੀ ਆਮਦਨ 2022 ਤੱਕ ਦੁਗਣੀ ਕਰਨੀ, ਐਮਐਸਪੀ ਦਾ ਵਾਅਦਾ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨੀ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ ਆਦਿ ਮਸਲਿਆਂ ਉੱਤੇ ਭਾਜਪਾ ਦੀ ਸਾਜਿਸ਼ੀ ਚੁੱਪ ਕਾਰਨ ਸਾਰੇ ਦੇਸ਼ ਦੇ ਕਿਸਾਨਾਂ ਵਿੱਚ ਸਖ਼ਤ ਰੋਸ ਹੈ। ਇਸੇ ਕਾਰਨ ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਦਾ ਪਰਦਾਫਾਸ਼ ਕਰਨ ਵਿਰੋਧ ਕਰਨ ਅਤੇ ਸਜਾ ਦੇਣ ਦਾ ਐਲਾਨ ਕੀਤਾ ਹੋਇਆ ਹੈ।
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੇ ਘਰ ਆਈ ਬੀ ਵੱਲੋਂ ਛਾਪਾ ਮਾਰਨ ਦੀ ਸਖਤ ਨਿਖੇਦੀ ਕਰਦਿਆਂ ਕਿਹਾ ਕਿ ਅਮਨ ਕਾਨੂੰਨ ਦਾ ਮਸਲਾ ਸੂਬਿਆਂ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਇਸ ਲਈ ਇਹ ਛਾਪਾ ਸੂਬਿਆਂ ਦੇ ਅਧਿਕਾਰਾਂ ਤੇ ਵੀ ਛਾਪਾ ਹੈ। ਕਿਰਤੀ ਕਿਸਾਨ ਯੂਨੀਅਨ ਦੇ ਕਾਫਲੇ ਨੂੰ ਬਰਨਾਲਾ ਵਿਖੇ ਗਿਰਫਤਾਰ ਕਰਨ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲਾ ਕਪੂਰਥਲਾ ਪ੍ਰਧਾਨ ਰਾਣਾ ਹਰਜਿੰਦਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਨੂੰ ਘਰ ਵਿੱਚ ਨਜ਼ਰਬੰਦ ਕਰਨ ਅਤੇ ਭਾਕਿਯੂ ਡਕੌਂਦਾ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ ਜੇਲ ਵਿੱਚ ਡੱਕਣ ਦੀ ਸਖਤ ਨਿਖੇਧੀ ਕੀਤੀ।
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਸਰਕਾਰ ਦਾ ਇਹ ਜ਼ਬਰ ਕਿਸਾਨਾਂ ਦੀ ਜੁਬਾਨ ਬੰਦ ਕਰਨ ਵਿੱਚ ਸਫਲ ਨਹੀਂ ਹੋਵੇਗਾ, ਸਗੋਂ ਇਸ ਨਾਲ ਲੋਕਾਂ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਰੋਹ ਹੋਰ ਤਿੱਖਾ ਹੋਵੇਗਾ।

Comments
Post a Comment