ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਪਾਵਰਕੌਮ ਦੇ ਮੁੱਖ ਇੰਜੀਨੀਅਰ ਨਾਲ ਕੀਤੀ ਮੁਲਾਕਾਤ
ਲੁਧਿਆਣਾ: ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਦੇ ਵਫ਼ਦ ਵਲੋਂ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ‘ਚ ਪਾਵਰਕੌਮ ਦੇ ਮੁੱਖ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੂੰ ਲੁਧਿਆਣਾ ‘ਚ ਸਥਿਤ ਉਹਨਾਂ ਦੇ ਦਫਤਰ ਮਿਲ ਕਿ ਬਿਜਲੀ ਦੇ ਲੱਗ ਰਹੇ ਕੱਟਾਂ ਦੇ ਹੱਲ ਕਰਨ ਦੀ ਬੇਨਤੀ ਕੀਤੀ।
ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਰਜੀਤ ਸਿੰਘ ਸੀਲੋ ਅਤੇ ਅਮਰੀਕ ਸਿੰਘ ਜੜਤੌਲੀ ਨੇ ਆਖਿਆ ਕਿ ਕਿਸਾਨਾਂ ਨੂੰ ਖੇਤੀ ਲਈ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਵਿੱਚ ਬਹੁਤ ਕਟੌਤੀ ਕੀਤੀ ਜਾ ਰਹੀ ਹੈ। ਜਿਸ ਕਾਰਨ ਕਿਸਾਨਾਂ ਦੀ ਝੋਨੇ ਤੇ ਬਾਕੀ ਫਸਲਾਂ ਪਾਣੀ ਨਾ ਮਿਲਣ ਕਾਰਨ ਸੁੱਕ ਰਹੀਆਂ ਹਨ। ਉਹਨਾਂ ਆਖਿਆ ਕਿ ਕਿਸਾਨਾਂ ਨੂੰ ਫਸਲਾਂ ਪਾਲਣ ਲਈ ਬਿਜਲੀ ਦੀ ਸਪਲਾਈ ਲਗਾਤਾਰ ਦਿੱਤੀ ਜਾਵੇ। ਉਹਨਾਂ ਇਸ ਦੇ ਨਾਲ ਘਰੇਲੂ ਸਪਲਾਈ ਨੂੰ ਨਿਰਵਿਘਨ ਚਾਲੂ ਰੱਖਣ ਲਈ ਵੀ ਆਖਿਆ। ਕਿਸਾਨ ਆਗੂਆਂ ਨੇ ਆਖਿਆ ਕਿ ਬਿਜਲੀ ਮਹਿਕਮੇ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਪੱਕੇ ਤੌਰ ’ਤੇ ਭਰਿਆ ਜਾਵੇ। ਓਵਰ ਲੋਡ ਟ੍ਰਾਸਫਾਰਮ ਅੰਡਰ ਲੋਡ ਕੀਤੇ ਜਾਣ। ਢਿੱਲੀਆਂ ਤਾਰਾਂ ਨੂੰ ਜਲਦੀ ਨਾਲ ਕੱਸਿਆ ਜਾਵੇ। ਮੁੱਖ ਇੰਜੀਨੀਅਰ ਸ੍ਰੀ ਹਾਂਸ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਮੰਗਾਂ ਦਾ ਜਲਦੀ ਨਾਲ ਹੱਲ ਕੀਤਾ ਜਾਵੇਗਾ।
ਇਸ ਮੌਕੇ ਹੋਰਨਾ ਤੋਂ ਇਲਾਵਾ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਕੁਲਵੰਤ ਸਿੰਘ ਮੋਹੀ, ਪ੍ਰਦੀਪ ਸਿੰਘ ਪੀਜ਼ਵਾਲੇ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।

Comments
Post a Comment