9 ਅਗਸਤ ਨੂੰ “ਕਾਰਪੋਰੇਟੋ ਭਾਰਤ ਛੱਡੋ” ਦਿਵਸ ਦੇ ਤੌਰ ’ਤੇ ਮਨਾਉਣ ਦਾ ਜਮਹੂਰੀ ਕਿਸਾਨ ਸਭਾ ਨੇ ਕੀਤਾ ਐਲਾਨ
ਜਲੰਧਰ: ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾਈ ਮੀਟਿੰਗ ਸਭਾ ਦੇ ਸੂਬਾ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ ਵਿਖੇ ਡਾਕਟਰ ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਪਿਛਲੇ ਦਿਨੀ ਪੇਸ਼ ਕੀਤੇ ਕੇਂਦਰੀ ਬਜਟ ਵਿੱਚ ਖੇਤੀ ਸੈਕਟਰ ਨੂੰ ਬਿਲਕੁੱਲ ਹੀ ਅਣਗੌਲਿਆ ਕੀਤਾ ਗਿਆ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਵੀ ਖੇਤੀ ਬਜਟ ਵਿੱਚ ਕਟੌਤੀ ਕੀਤੀ ਗਈ ਹੈ। ਜਦੋਂ ਕਿ ਕਾਰਪੋਰੇਟਾਂ ਵੱਲੋਂ ਖੇਤੀ ਵਿੱਚ ਦਖਲ ਵੱਧ ਦਿੱਤਾ ਜਾ ਰਿਹਾ ਹੈ, ਜਿਸ ਨਾਲ ਉਹਨਾਂ ਦਾ ਮੁਨਾਫ਼ਾ ਤਾਂ ਵੱਧ ਰਿਹਾ ਹੈ ਪਰ ਦੇਸ਼ ਦੇ ਕਿਸਾਨ ਵਿਹਲੇ ਹੋ ਰਹੇ ਹਨ, ਜਿਸ ਨਾਲ ਬੇਰੁਜ਼ਗਾਰੀ ਵਧੀ ਹੈ। ਉਹਨਾਂ ਕਿਹਾ ਕਿ ਖੇਤੀ ਦੇ ਧੰਦੇ ਨੂੰ ਬਚਾਉਣ ਲਈ ਸੰਯੁਕਤ ਕਿਸਾਨ ਮੋਰਚੇ ਨੇ ਜੋ ਐਕਸਨ ਉਲੀਕੇ ਹਨ, ਉਹਨਾਂ ਦੀ ਤਿਆਰੀ ਜੋਰ ਨਾਲ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋ 9 ਅਗਸਤ ਨੂੰ “ਕਾਰਪੋਰੇਟੋ ਭਾਰਤ ਛੱਡੋ” ਦਿਵਸ ਦੇ ਤੌਰ ’ਤੇ ਮਨਾਇਆ ਜਾਵੇਗਾ। ਇਸ ਦਿਨ ਤਹਿਸੀਲ ਪੱਧਰ ’ਤੇ ਕਿਸਾਨਾਂ-ਮਜ਼ਦੂਰਾਂ ਦੇ ਵੱਡੇ ਇਕੱਠ ਕਰਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ।
ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਦੱਸਿਆ ਕਿ 15 ਅਗਸਤ ਨੂੰ “ਪੱਗੜੀ ਸੰਭਾਲ ਜੱਟਾਂ” ਲਹਿਰ ਦੇ ਬਾਨੀ, ਮਹਾਨ ਦੇਸ਼ ਭਗਤ ਚਾਚਾ ਅਜੀਤ ਸਿੰਘ ਦੀ ਬਰਸੀ ਸਾਰੇ ਪੰਜਾਬ ਵਿੱਚ ਇਲਾਕਾ ਪੱਧਰੀ ਮੀਟਿੰਗਾਂ ਕਰਕੇ ਸ਼ਰਧਾ ਤੇ ਸਤਿਕਾਰ ਸਾਹਿਤ ਮਨਾਈ ਜਾਵੇਗੀ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਸਰਕਾਰ ਤੋਂ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਲਈ 17 ਅਗਸਤ ਨੂੰ ਪੰਜਾਬ ਦੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਲਾਏ ਜਾਣਗੇ। ਜਿਸ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਜ਼ੋਰ ਸ਼ੋਰ ਨਾਲ ਸ਼ਾਮਿਲ ਹੋਵੇਗੀ। ਉਹਨਾਂ ਕਿਹਾ ਕਿ 28 ਅਗਸਤ ਨੂੰ ਸਹਿਕਾਰੀ ਸੈਕਟਰ ਦੀ ਰਾਖੀ ਅਤੇ ਵੇਰਕਾ ਮਿਲਕ ਪਲਾਟ ਨੂੰ ਖਤਮ ਹੋਣ ਤੋਂ ਬਚਾਉਣ ਲਈ ਤਹਿਸੀਲ ਪੱਧਰ ਤੇ ਏਆਰ ਦੇ ਦਫ਼ਤਰਾਂ ਅੱਗੇ ਧਰਨੇ ਲਾਏ ਜਾਣਗੇ।
ਸੂਬਾਈ ਖ਼ਜ਼ਨਚੀ ਹਰਪ੍ਰੀਤ ਸਿੰਘ ਬੁਟਾਰੀ ਵੱਲੋਂ ਪਿਛਲੇ ਸਮੇਂ ਦਾ ਆਮਦਨ ਤੇ ਖਰਚ ਦਾ ਹਿਸਾਬ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

Comments
Post a Comment