ਕਿਸਾਨ ਜਥੇਬੰਦੀਆਂ ਨੇ ਮੰਤਰੀ ਦੇ ਘਰ ਅੱਗੇ ਮੰਗ ਪੱਤਰ ਚਿਪਕਾਇਆ
ਜਲੰਧਰ: ਐੱਸਕੇਐੱਮ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਲਕਾਰ ਸਿੰਘ ਦੀ ਰਿਹਾਇਸ਼ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੰਗ ਪੱਤਰ ਵੇਲੇ ਉਹ ਹਾਜ਼ਰ ਨਾ ਹੋਣ ਕਾਰਨ ਮੰਗ ਪੱਤਰ ਘਰ ਸਾਹਮਣੇ ਬੋਰਡ ’ਤੇ ਲਗਾ ਕੇ ਧਰਨਾ ਸਮਾਪਤ ਕੀਤਾ ਗਿਆ।
ਇਸ ਧਰਨੇ ਵਿਚ ਪਾਣੀ ਅਤੇ ਵਾਤਾਵਰਣ ਦੇ ਸੰਕਟ ਸਬੰਧੀ ਮੰਗਾਂ, ਜ਼ਮੀਨ ਹੇਠਲੇ ਪਾਣੀ ਨੂੰ ਰੀਚਾਰਜ਼ ਕਰਨ ਲਈ ਬਹੁ-ਪੱਖੀ ਨੀਤੀ ਬਣਾ ਕੇ ਉਸਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ। ਇਸ ਸਬੰਧੀ ਕੇਂਦਰ ਸਰਕਾਰ ਉੱਪਰ ਦਬਾਓ ਪਾਉਣ ਦੇ ਨਾਲ ਨਾਲ ਪੰਜਾਬ ਸਰਕਾਰ ਆਪਣੇ ਵੱਲੋਂ ਪਹਿਲ ਕਰਕੇ ਕਰਜ਼ਾ ਮੁਕਤੀ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ।
ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਸਾਰੇ ਪੰਜਾਬ ਵਿੱਚ ਭਾਰਤ ਮਾਲਾ ਪ੍ਰੋਜੈਕਟ ਅਧੀਨ ਐਕਸਪ੍ਰੈਸ ਹਾਈਵੇ ਬਣਾਉਣ ਲਈ ਜੋ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ ਉਹਨਾਂ ਦਾ ਬੁਨਿਆਦੀ ਭਾਅ ਮਾਰਕੀਟ ਅਧਾਰ ਤੇ ਤੈਅ ਕਰਕੇ ਉਸ ਵਿੱਚ ਉਜਾੜਾ ਭੱਤਾ ਤੇ ਹੋਰ ਕਾਰਕ ਜੋੜੇ ਜਾਣ। ਮੱਧ ਪੂਰਬ ਤੱਕ ਵਪਾਰ ਲਈ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ-ਸੁਲੇਮਾਨ ਬਾਰਡਰ ਦੇ ਸੜਕੀ ਰਸਤੇ ਖੋਲ੍ਹੇ ਜਾਣ। ਪੰਜਾਬ ਸਰਕਾਰ ਇਸ ਸਬੰਧੀ ਪੰਜਾਬ ਐਸੰਬਲੀ ਵਿੱਚ ਮਤਾ ਪਾਸ ਕਰੇ ਅਤੇ ਕੇਂਦਰ ਸਰਕਾਰ ਕੋਲ ਇਨ੍ਹਾਂ ਲਾਂਘਿਆਂ ਨੂੰ ਖੁਲਵਾਉਣ ਲਈ ਜੋਰਦਾਰ ਢੰਗ ਨਾਲ ਆਵਾਜ਼ ਚੁੱਕ ਕੇ ਪੰਜਾਬ ਦੇ ਹੱਕਾਂ ਦੀ ਪੈਰਵੀ ਕਰੇ।
ਹਰ ਤਰ੍ਹਾਂ ਦੇ ਅਵਾਰਾ ਡੰਗਰਾਂ, ਸੂਰਾਂ ਅਤੇ ਕੁੱਤਿਆਂ ਦਾ ਸਥਾਈ ਹੱਲ ਕੀਤਾ ਜਾਵੇ। ਨਕਲੀ ਬੀਜਾਂ, ਖਾਦਾਂ ਅਤੇ ਦਵਾਈਆਂ ਦੀ ਰੋਕਥਾਮ ਲਈ ਮੋਬਾਈਲ ਸੈਂਪਲ ਟੈਸਟਿੰਗ ਵੈਨਾਂ ਨੂੰ ਸ਼ੁਰੂ ਕੀਤਾ ਜਾਵੇ। ਬਿਜਲੀ ਦੇ ਵੰਡ ਖੇਤਰ ਦਾ ਨਿਜੀਕਰਨ ਕਰਨਾ ਬੰਦ ਕੀਤਾ ਜਾਵੇ ਇਸੇ ਕੜੀ ਤਹਿਤ ਸਮਾਰਟ ਚਿਪ ਮੀਟਰ ਲਗਾਉਣ ਦੀ ਨੀਤੀ ਵਾਪਸ ਲਈ ਜਾਵੇ। 58 ਸਾਲ ਤੋਂ ਵੱਧ ਉਮਰ ਵਾਲੇ ਔਰਤ ਮਰਦ ਕਿਸਾਨਾਂ ਮਜ਼ਦੂਰਾਂ ਨੂੰ 10 ਹਜਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ। ਕਿਸਾਨ ਪੱਖੀ ਪ੍ਰਭਾਵਸ਼ਾਲੀ ਅਤੇ ਸਰਲ ਸਰਕਾਰੀ ਫਸਲ ਬੀਮਾ ਯੋਜਨਾ ਲਾਗੂ ਕੀਤੀ ਜਾਵੇ। ਇਸ ਵਿੱਚ ਇੱਕ ਏਕੜ ਨੂੰ ਇਕ ਇਕਾਈ ਮੰਨਿਆ ਜਾਵੇ ਅਤੇ ਬੀਮਾ ਪ੍ਰੀਮੀਅਮ ਸਰਕਾਰ ਅਦਾ ਕਰੇ। ਨਾਲ ਹੀ ਕਿਸਾਨ ਆਗੂਆਂ ਤੇ ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਪੁਲਿਸ ਕੇਸ ਸਮੇਤ ਰੇਲਵੇ ਦੇ ਕੇਸਾਂ ਨੂੰ ਰੱਦ ਕੀਤਾ ਜਾਵੇ। ਕੇਸਾਂ ਨੂੰ ਲੈਕੇ ਭੇਜੇ ਜਾ ਰਹੇ ਸੰਮਨ ਤੇ ਤੁਰੰਤ ਰੋਕ ਲਾਈ ਜਾਵੇ।
ਪੰਜਾਬ ਸਰਕਾਰ ਵੱਲੋਂ ਪਹਿਲਾ ਮੰਨੀਆਂ ਮੰਗਾਂ ਨੂੰ ਲਾਗੂ ਕੀਤਾ ਜਾਵੇ ਸਮੇਤ ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਅਤੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਮਜ਼ਦੂਰ ਪਰਿਵਾਰਾਂ ਲਈ ਮੁਆਵਜੇ ਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦੇਣ ਦੀ ਨੀਤੀ ਨੂੰ ਬਾਕੀ ਰਹਿੰਦੇ ਪਰਿਵਾਰਾਂ ਤੇ ਤੁਰੰਤ ਲਾਗੂ ਕੀਤਾ ਜਾਵੇ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਨੋਡਲ ਅਫਸਰ ਦੀ ਜਵਾਬਦੇਹੀ ਤੈਅ ਕੀਤੀ ਜਾਵੇ।
ਦਿੱਲੀ ਮੋਰਚੇ ਦੇ ਸ਼ਹੀਦਾਂ ਦੀ ਯਾਦਗਾਰ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਪੰਜਾਬ ਦੇ ਕੇਂਦਰ ਵਿੱਚ ਪੰਜ ਏਕੜ ਜਮੀਨ ਲੈਕੇ ਉਸਾਰੀ ਤੁਰੰਤ ਸ਼ੁਰੂ ਕੀਤੀ ਜਾਵੇ। ਇਸ ਧਰਨੇ ਨੂੰ ਜੰਗਵੀਰ ਸਿੰਘ ਚੌਹਾਨ ਦੋਆਬਾ ਕਿਸਾਨ ਕਮੇਟੀ ਪੰਜਾਬ, ਬਲਵਿੰਦਰ ਸਿੰਘ ਮੱਲ੍ਹੀ ਨੰਗਲ ਦੋਆਬਾ ਕਿਸਾਨ ਸੰਘਰਸ਼ ਕਮੇਟੀ, ਬਲਵਿੰਦਰ ਸਿੰਘ ਭੁੱਲਰ ਕਿਰਤੀ ਕਿਸਾਨ ਯੂਨੀਅਨ,
ਸੰਦੀਪ ਅਰੋੜਾ ਆਲ ਇੰਡੀਆ ਕਿਸਾਨ ਸਭਾ, ਬੀਕੇਯੂ ਰਾਜੇਵਾਲ ਕਸ਼ਮੀਰ ਸਿੰਘ ਜੰਡਿਆਲਾ, ਬੀਕੇਯੂ ਲੱਖੋਵਾਲ ਜਸਵੰਤ ਸਿੰਘ ਸਿੰਘ ਪੁਰ ਦੋਨਾ,
ਪ੍ਰੋ ਕਵਰ ਸਰਤਾਜ ਸਿੰਘ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਹਰਜਿੰਦਰ ਸਿੰਘ ਬੀਕੇਯੂ ਡਕੌਂਦਾ ਡਕੌਂਦਾ ਧਨੇਰ, ਧਰਮਿੰਦਰ ਬੀਕੇਯੂ ਡਕੌਂਦਾ ਬੁਰਜਗਿੱਲ, ਮਨੋਹਰ ਗਿੱਲ, ਸੰਤੋਖ ਸਿੰਘ ਬਿਲਗਾ ਤੇ ਜਸਵਿੰਦਰ ਸਿੰਘ ਢੇਸੀ ਜਮਹੂਰੀ ਕਿਸਾਨ ਸਭਾ,
ਰਸ਼ਪਾਲ ਸਿੰਘ ਕਿਰਤੀ ਕਿਸਾਨ ਯੂਨੀਅਨ ਪੰਜਾਬ, ਘੁੱਗ ਸ਼ੋਰ ਪੇਂਡੂ ਕਿਸਾਨ ਯੂਨੀਅਨ ਨੇ ਸੰਬੋਧਨ ਕੀਤਾ।

Comments
Post a Comment