ਪਾਵਰਕੌਮ ਦੇ ਐੱਸਈ ਨਾਲ ਜਮਹੂਰੀ ਕਿਸਾਨ ਸਭਾ ਦੇ ਵਫ਼ਦ ਨੇ ਕੀਤੀ ਮੁਲਾਕਾਤ
ਲੁਧਿਆਣਾ: ਜਮਹੂਰੀ ਕਿਸਾਨ ਸਭਾ ਪੰਜਾਬ ਦੇ ਵਫ਼ਦ ਵੱਲੋਂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ ਅਤੇ ਸੁਰਜੀਤ ਸਿੰਘ ਸੀਲੋ ਦੀ ਅਗਵਾਈ ‘ਚ ਪਾਵਰਕੌਮ ਦੇ ਐੱਸਈ ਜਸਵਿੰਦਰ ਸਿੰਘ ਨੂੰ ਮਿਲਿਆ। ਵਫ਼ਦ ‘ਚ ਸ਼ਾਮਿਲ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਅਮਰੀਕ ਸਿੰਘ ਜੜਤੌਲੀ ਨੇ ਆਖਿਆ ਕਿ ਬਿਜਲੀ ਦਫ਼ਤਰ ਨਾਰੰਗਵਾਲ ਵਿਖੇ ਤਾਇਨਾਤ ਮੁਲਾਜ਼ਮ ਜੋ ਸੀਸੀ ਦੀ ਪੋਸਟ ਉੱਪਰ ਕੰਮ ਕਰਦਾ ਹੈ, ਵੱਲੋ ਦਫਤਰ ਵਿੱਚ ਆਪਣੇ ਕੰਮ ਕਰਵਾਉਣ ਆਏ ਆਮ ਲੋਕਾਂ ਨਾਲ ਕਥਿਤ ਤੌਰ ’ਤੇ ਮਾੜਾ ਵਿਵਹਾਰ ਕਰਦਾ ਹੈ। ਲੋਕਾਂ ਵਲੋਂ ਲਿਆਂਦੇ ਕਾਗਜ਼ਾਂ ਵਿੱਚ ਬੇਲੋੜੀਆਂ ਗਲਤੀਆਂ ਕੱਢ ਕੇ ਉਹਨਾਂ ਨੂੰ ਪ੍ਰੇਸ਼ਾਨ ਕਰ ਕੇ ਜਾਇਜ਼ ਕੰਮਾਂ ਲਈ ਪੈਸੇ ਮੰਗੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਉਹਨਾਂ ਕੋਲ ਇਸ ਮੁਲਾਜ਼ਮ ਦੀਆਂ ਬਹੁਤ ਸ਼ਿਕਾਇਤਾਂ ਮਿਲ ਰਹੀਆਂ ਸਨ। ਜਿਸ ਕਾਰਨ ਉਹਨਾਂ ਨੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਹੈ। ਉਹਨਾਂ ਆਖਿਆਂ ਕਿ ਲੋਕਾਂ ਨਾਲ ਮਾੜਾ ਵਿਹਾਰ ਤੇ ਭ੍ਰਿਸ਼ਟਾਚਾਰ ਕਰਨ ਵਾਲੇ ਮੁਲਾਜ਼ਮਾਂ ਦੀ ਜਾਂਚ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਆਗੂਆਂ ਨੇ ਬਿਜਲੀ ਮਹਿਕਮੇ ਨਾਲ ਸੰਬੰਧਿਤ ਮੁਸ਼ਕਲਾਂ ਦੇ ਹੱਲ ਦੀ ਵੀ ਮੰਗ ਨੂੰ ਦੁਹਰਾਇਆ। ਪਾਵਰਕੌਮ ਦੇ ਐੱਸਈ ਜਸਵਿੰਦਰ ਸਿੰਘ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਮੁਲਾਜ਼ਮ ਨੂੰ ਭ੍ਰਿਸ਼ਟਾਚਾਰ ਅਤੇ ਲੋਕਾਂ ਨਾਲ ਮਾੜਾ ਵਿਹਾਰ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਉਹਨਾਂ ਕਿਹਾ ਕਿ ਵਫ਼ਦ ਵੱਲੋਂ ਮਿਲੀ ਸ਼ਿਕਾਇਤ ਦੀ ਨਿਰਪੱਖ ਜਾਂਚ ਕਰਕੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਹੋਰਨਾ ਤੋਂ ਇਲਾਵਾ ਕਰਮ ਸਿੰਘ ਗਰੇਵਾਲ, ਦਫਤਰ ਸਕੱਤਰ ਨਛੱਤਰ ਸਿੰਘ, ਤਰਲੋਚਨ ਸਿੰਘ ਘੁੰਗਰਾਣਾ ਵੀ ਹਾਜ਼ਰ ਸਨ।

Comments
Post a Comment