ਲਖੀਮਪੁੱਰ ਖੀਰੀ ਸਾਕੇ ਦੇ ਸ਼ਹੀਦ ਕਿਸਾਨਾਂ ਤੇ ਪੱਤਰਕਾਰ ਨੂੰ ਕੀਤੀ ਸ਼ਰਧਾਂਜਲੀ ਭੇਟ
ਡੇਹਲੋ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਲਖੀਮਪੁਰ ਖੀਰੀ ਸਾਕੇ ਦੇ ਸ਼ਹੀਦ ਕਿਸਾਨਾਂ ਤੇ ਪੱਤਰਕਾਰ ਨੂੰ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਵੱਲੋਂ ਸ਼ਰਧਾ ਤੇ ਸਤਿਕਾਰ ਸਾਹਿਤ ਸ਼ਰਧਾਂਜਲੀ ਭੇਟ ਕੀਤੀ ਗਈ। ਪਿੰਡ ਕਿਲ੍ਹਾ ਰਾਏਪੁਰ ਵਿਖੇ ਸਥਿਤ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਦਫ਼ਤਰ ਸਾਹਮਣੇ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਇਲਾਕਾ ਕਮੇਟੀ ਦੇ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਆਖਿਆ ਕਿ ਅੱਜ ਦੇ ਦਿਨ ਹੀ ਭਾਜਪਾ ਦੇ ਗੁੰਡਿਆਂ ਅਤੇ ਮੌਕੇ ਦੇ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਤੇ ਉਸ ਦੇ ਪੁੱਤਰ ਵੱਲੋਂ ਸ਼ਾਂਤੀ ਪੂਰਵਕ ਪ੍ਰਦਰਸ਼ਨ ਕਰ ਕੇ ਵਾਪਸ ਜਾ ਰਹੇ ਕਿਸਾਨਾਂ ਉਪਰ ਆਪਣੀ ਜੀਪ ਚਲਾ ਕਿ ਚਾਰ ਕਿਸਾਨਾਂ ਤੇ ਪੱਤਰਕਾਰ ਨੂੰ ਸ਼ਹੀਦ ਕਰ ਦਿੱਤਾ ਸੀ। ਆਗੂਆਂ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ ਆਖਿਆ ਕਿ ਦੇਸ਼ ਦੇ ਲੋਕ ਇਸ ਦਿਨ ਨੂੰ ਸਦਾ ਯਾਦ ਰੱਖਣਗੇ। ਉਹਨਾਂ ਕਿਹਾ ਕਿ ਜਿੰਨਾ ਚਿਰ ਇਸ ਸਾਕੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਨਹੀਂ ਦਿੱਤੀ ਜਾਂਦੀ ਉੱਨਾਂ ਚਿਰ ਕਿਸਾਨ ਦਾ ਗੁੱਸਾ ਠੰਢਾ ਨਹੀਂ ਹੋਵੇਗਾ। ਇਹਨਾਂ ਸ਼ਹੀਦਾਂ ਦੀ ਕੁਰਬਾਨੀ ਲੋਕਾਂ ਨੂੰ ਜਬਰ ਜ਼ੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਦਿੰਦੀ ਰਹੇਗੀ। ਆਗੂਆਂ ਨੇ ਸਰਕਾਰ ਨੂੰ ਸਖਤ ਸ਼ਬਦਾਂ ਵਿੱਚ ਤਾੜਨਾ ਕਰਦਿਆਂ ਆਖਿਆ ਕਿ ਸ਼ਹੀਦਾਂ ਦਾ ਬਲੀਦਾਨ ਬੇਅਰਥ ਨਹੀਂ ਜਾਵੇਗਾ।
ਇਸ ਮੌਕੇ ਹਾਜ਼ਰ ਕਿਸਾਨਾਂ ਵੱਲੋ ਕੇਂਦਰ ਦੀ ਮੋਦੀ ਸਰਕਾਰ ਤੇ ਅਜੇ ਮਿਸ਼ਰਾ ਟੈਣੀ ਦਾ ਪੁਤਲਾ ਫੂਕ ਕੇ ਜ਼ਬਰਦਸਤ ਨਾਹਰੇਬਾਜ਼ੀ ਕੀਤੀ। ਅੱਜ ਦੇ ਇਸ ਪ੍ਰੋਗਰਾਮ ਦੀ ਅਗਵਾਈ ਸੁਰਜੀਤ ਸਿੰਘ ਸੀਲੋ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਤੇ ਕਰਮ ਸਿੰਘ ਗਰੇਵਾਲ ਨੇ ਕੀਤੀ। ਇਸ ਮੌਕੇ ਹੋਰਨਾ ਤੋਂ ਇਲਾਵਾ ਮਲਕੀਤ ਸਿੰਘ ਗਰੇਵਾਲ, ਦਫਤਰ ਸਕੱਤਰ ਨਛੱਤਰ ਸਿੰਘ, ਬਲਵੀਰ ਸਿੰਘ ਭੁੱਟਾ, ਰਣਧੀਰ ਸਿੰਘ, ਹਰਜੀਤ ਸਿੰਘ, ਬਲਰਾਜ ਸਿੰਘ ਆਦਿ ਹਾਜ਼ਰ ਸਨ।

Comments
Post a Comment