ਜਮਹੂਰੀ ਕਿਸਾਨ ਸਭਾ ਵਲੋਂ ਮੌਸਮ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਲਈ ਮੁਆਵਜ਼ੇ ਦੀ ਮੰਗ
ਲੁਧਿਆਣਾ: ਬੀਤੀ ਰਾਤ ਪੰਜਾਬ
’ਚ ਆਏ ਝੱਖੜ, ਮੀਂਹ ਅਤੇ ਗੜਿਆਂ ਕਾਰਨ ਪੱਕੀ ਝੋਨੇ ਦੀ ਫਸਲ ਦੇ ਹੋਏ ਨੁਕਸਾਨ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਫ਼ਸਲਾਂ ਦੀ ਸਪੈਸ਼ਿਲ ਗਦਾਵਰੀ ਕਰਕੇ ਮੁਆਵਜ਼ਾ ਦਿੱਤਾ ਜਾਵੇ। ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਬੀਤੀ ਰਾਤ ਪੰਜਾਬ ‘ਚ ਝੋਨੇ ਦੀ ਪੱਕੀ ਫ਼ਸਲ ਦਾ ਮੌਸਮ ਦੀ ਖ਼ਰਾਬੀ ਕਾਰਨ ਬਹੁਤ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਮਾਝੇ ਦੇ ਚਾਰ ਜ਼ਿਲਿਆਂ ਪਠਾਨਕੋਟ, ਗੁਰਦਾਸਪੁਰ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨ ਤਾਰਨ ਵਿੱਚ ਨੁਕਸਾਨ ਜ਼ਿਆਦਾ ਹੋਣ ਦੀਆਂ ਖ਼ਬਰਾਂ ਹਨ। ਉਹਨਾਂ ਮੰਗ ਕੀਤੀ ਕਿ ਹੋਏ ਖਰਾਬੇ ਦੀ ਸਪੈਸ਼ਿਲ ਗਰਦਾਵਰੀ ਕਰਕੇ ਕਿਸਾਨ ਨੂੰ ਪ੍ਰਤੀ ਏਕੜ 40000 ਰੁਪਏ ਮੁਆਵਜ਼ਾ ਦਿੱਤਾ ਜਾਵੇ। ਬਾਕੀ ਜ਼ਿਲ੍ਹਿਆਂ ਦੇ ਹੋਏ ਨੁਕਸਾਨ ਦਾ ਵੀ ਪੱਕਾ ਅੰਦਾਜ਼ਾ ਲਗਾਇਆ ਜਾਵੇ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਖਰੀਦ ਬਿਨਾ ਕਿਸੇ ਰੁਕਾਵਟ ਦੇ ਕੀਤੀ ਜਾਵੇ।
ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਜਾਰੀ ਕੀਤੇ ਬਿਆਨ ਵਿੱਚ ਆਖਿਆ ਕਿ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਆਵੇ, ਇਸ ਦਾ ਪ੍ਰਬੰਧ ਸਰਕਾਰ ਨੂੰ ਕਰਨਾ ਚਾਹੀਦਾ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਕਿਸਾਨਾਂ ਨੂੰ ਮੁਸ਼ਕਲ ਆਉਂਦੀ ਹੈ ਤਾਂ ਉਹ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸਥਾਨਿਕ ਆਗੂਆਂ ਨਾਲ ਸੰਪਰਕ ਕਰਨ।

Comments
Post a Comment