ਸੰਯੁਕਤ ਕਿਸਾਨ ਮੋਰਚੇ ਵਲੋਂ ਭਲਕੇ ਕੀਤੇ ਜਾਣਗੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਘਿਰਾਓ
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਨੇ ਐਮਰਜੈਂਸੀ ਆਨਲਾਈਨ ਮੀਟਿੰਗ ਕਰਕੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਕੰਮ ਦੀ ਸੁਸਤ ਰਫਤਾਰ ਦਾ ਜਾਇਜ਼ਾ ਲੈਂਦਿਆਂ ਪੰਜਾਬ ਸਰਕਾਰ ਨੂੰ ਇਸ ਕੰਮ ਵਿੱਚ ਤੇਜ਼ੀ ਲਿਆਉਣ ਦੀ ਮੰਗ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ ਪ੍ਰਸਥਿਤੀਆਂ ਨੇ ਘੱਟ ਰੇਟ ’ਤੇ ਝੋਨਾ ਵੇਚਣ ਲਈ ਕਿਸਾਨਾਂ ਨੂੰ ਮਜਬੂਰ ਕਰ ਦਿੱਤਾ ਹੈ। ਮੰਡੀਆਂ ਵਿੱਚ ਕਿਸਾਨ ਦੀ ਮਿਹਨਤ ਨੂੰ ਲੁੱਟਣ ਲਈ ਲੁਟੇਰਾ ਗਠਜੋੜ ਸਰਗਰਮ ਹੋ ਗਿਆ ਹੈ ਪਰ ਪੰਜਾਬ ਸਰਕਾਰ ਇਸ ਹਾਲਤ ਨੂੰ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ।ਇਸ ਲਈ ਸੰਯੁਕਤ ਕਿਸਾਨ ਮੋਰਚਾ ਭਲਕੇ 29 ਅਕਤੂਬਰ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ 11 ਵਜੇ ਤੋਂ 3 ਵਜੇ ਤੱਕ ਘਿਰਾਓ ਕਰਕੇ ਇਸ ਲੁੱਟ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ।
ਸੰਯੁਕਤ ਕਿਸਾਨ ਮੋਰਚਾ ਵਲੋਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਖ੍ਰੀਦ ਦੀ ਡੈਡਲਾਈਨ ਮਿਤੀ ਨੂੰ ਫੌਰੀ ਵਧਾਉਣ ਦਾ ਐਲਾਨ ਕੀਤਾ ਜਾਵੇ। ਨਾਲੋਂ ਨਾਲ ਡੀਏਪੀ ਦੀ ਥੁੜ ਨੂੰ ਦੂਰ ਕਰਨ ਅਤੇ ਕਾਲਾਬਜ਼ਾਰੀ ਨੂੰ ਨੱਥ ਪਾਉਣ ਲਈ ਸਖਤ ਕਦਮ ਚੁੱਕਣ ਦੀ ਮੰਗ ਕੀਤੀ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਨੂੰ ਪਰਾਲੀ ਦੇ ਮਾਮਲੇ ਵਿੱਚ ਕਿਸਾਨਾਂ ਵਿਰੁੱਧ ਕੀਤੀ ਜਾ ਰਹੀ ਸਖਤੀ ਨੂੰ ਬੇਲੋੜੀ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਵਾਰ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦੇ ਫੇਲ੍ਹ ਹੋ ਜਾਣ ਕਾਰਨ ਪ੍ਰੇਸ਼ਾਨ ਕਿਸਾਨਾਂ ਕੋਲ ਅਗਲੀ ਫਸਲ ਦੀ ਬਿਜਾਈ ਲਈ ਸਮੇਂ ਦੀ ਘਾਟ ਦੀਆਂ ਹਾਲਤਾਂ ਨੂੰ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।
ਸੰਯੁਕਤ ਕਿਸਾਨ ਮੋਰਚਾ ਦੀ ਐਮਰਜੈਂਸੀ ਮੀਟਿੰਗ ਵਿੱਚ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ, ਮੁਕੇਸ਼ ਚੰਦਰ,ਬੂਟਾ ਸਿੰਘ ਬੁਰਜ ਗਿੱਲ, ਰਾਮਿੰਦਰ ਸਿੰਘ ਪਟਿਆਲਾ, ਗੁਰਮੀਤ ਸਿੰਘ ਮਹਿਮਾ, ਰੁਲਦੂ ਸਿੰਘ ਮਾਨਸਾ, ਡਾ. ਸਤਨਾਮ ਸਿੰਘ ਅਜਨਾਲਾ, ਹਰਮੀਤ ਸਿੰਘ ਕਾਦੀਆਂ, ਸੁਖਦੇਵ ਸਿੰਘ ਅਰਾਈਆਂਵਾਲਾ, ਨਿਰਵੈਲ ਸਿੰਘ ਡਾਲੇਕੇ, ਬਲਦੇਵ ਸਿੰਘ ਨਿਹਾਲਗੜ੍ਹ, ਬਲਵਿੰਦਰ ਸਿੰਘ ਮੱਲੀ ਨੰਗਲ, ਬੋਘ ਸਿੰਘ ਮਾਨਸਾ, ਫੁਰਮਾਨ ਸਿੰਘ ਸੰਧੂ, ਮਲੂਕ ਸਿੰਘ ਹੀਰਕੇ, ਬਿੰਦਰ ਸਿੰਘ ਗੋਲੇਵਾਲਾ, ਬੂਟਾ ਸਿੰਘ ਸ਼ਾਦੀਪੁਰ, ਜੰਗਵੀਰ ਸਿੰਘ ਚੌਹਾਨ, ਹਰਦੇਵ ਸਿੰਘ ਸੰਧੂ, ਵੀਰ ਸਿੰਘ ਬੜਵਾ, ਨਛੱਤਰ ਸਿੰਘ ਜੈਤੋ, ਹਰਬੰਸ ਸੰਘਾ, ਪ੍ਰੇਮ ਸਿੰਘ ਭੰਗੂ, ਮੇਜਰ ਸਿੰਘ ਪੁੰਨਾਂਵਾਲ, ਹਰਜਿੰਦਰ ਸਿੰਘ ਟਾਂਡਾ, ਸੁੱਖ ਗਿੱਲ ਮੋਗਾ ਅਤੇ ਕੰਵਲਪ੍ਰੀਤ ਸਿੰਘ ਪੰਨੂ ਹਾਜ਼ਰ ਸਨ।

Comments
Post a Comment