ਜੰਡਿਆਲਾ ਗੁਰੂ ਵਿਖੇ ਕੈਬਨਿਟ ਮੰਤਰੀ ਜ਼ਰੀਏ ਮੁਖ ਮੰਤਰੀ ਨੂੰ ਦਿੱਤਾ ਮੰਗ ਪੱਤਰ
ਜੰਡਿਆਲਾ ਗੁਰੂ: ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਪਾਲਿਸੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਪ੍ਰਾਂਤ ਅੰਦਰ ਪ੍ਰਭਾਵਿਤ ਪਿੰਡਾਂ ਦੇ ਨੇੜੇ ਟਰੈਕਟਰ ਮਾਰਚ ਕਰਨ ਦਾ ਸੱਦਾ ਦਿੱਤਾ ਗਿਆ ਸੀ, ਜਿਸ ਸੱਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਅੱਜ ਨਿੱਝਰਪੁਰਾ ਟੋਲ ਪਲਾਜੇ ’ਤੇ ਬਹੁਤ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰਾਂ, ਕਾਰਾਂ, ਮੋਟਰਸਾਈਕਲਾਂ ਤੇ ਸਵਾਰ ਹੋ ਕੇ ਪਹੁੰਚੇ, ਜਿੱਥੋਂ ਮਾਰਚ ਕਰਦੇ ਹੋਏ ਜੰਡਿਆਲਾ ਗੁਰੂ ਆਏ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਫ਼ਤਰ ਸਾਹਮਣੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਕਿਸਾਨ ਆਗੂਆਂ ਰਤਨ ਸਿੰਘ ਰੰਧਾਵਾ, ਲਖਬੀਰ ਸਿੰਘ ਨਿਜਾਮਪੁਰਾ, ਹਰਜੀਤ ਸਿੰਘ ਝੀਤੇ, ਗੁਰਦੇਵ ਸਿੰਘ ਵਰਪਾਲ, ਦਲਬੀਰ ਸਿੰਘ ਬੇਦਾਦਪੁਰ, ਜੋਗਿੰਦਰ ਸਿੰਘ ਧਿਆਨਪੁਰ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਕੇਂਦਰ ਸਰਕਾਰ ਵਾਂਗ ਹੀ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣਾ ਚਾਹੁੰਦੀ ਹੈ, ਜਿਸ ਨਾਲ ਦੇਸ਼ ਵਿੱਚ ਅੰਨ ਸੰਕਟ ਪੈਦਾ ਹੋਣ ਦਾ ਖਤਰਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਜੇਕਰ ਸਰਕਾਰ ਗਰੀਬ ਲੋਕਾਂ ਨੂੰ ਮਕਾਨ ਬਣਾ ਕੇ ਦੇਣਾ ਚਾਹੁੰਦੀ ਹੈ ਤਾਂ ਪਹਿਲਾਂ ਤੋਂ ਬਣੀਆਂ ਕਲੋਨੀਆਂ ਜੋ ਕਿ ਖਾਲੀ ਹਨ, ਵਿੱਚ ਮਕਾਨ ਬਣਾ ਕੇ ਦਿੱਤੇ ਜਾਣ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੀ ਜ਼ਮੀਨ ਦੀ ਰਾਖੀ ਕਰਨ ਲਈ ਲਹੂ ਵੀਟਵਾਂ ਸੰਘਰਸ਼ ਕਰਨਗੇ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਰਾਹੀਂ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਦਿੱਤਾ ਗਿਆ ਜੋ ਕਿ ਉਹਨਾਂ ਦੀ ਗੈਰ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਆਗੂ ਨਰੇਸ਼ ਪਾਠਕ ਨੇ ਪ੍ਰਾਪਤ ਕੀਤਾ। ਮੰਗ ਪੱਤਰ ਰਾਹੀਂ ਪੰਜਾਬ ਸਰਕਾਰ ਪਾਸੋਂ ਲੈਂਡ ਪੂਲਿੰਗ ਪਾਲਿਸੀ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ।

Comments
Post a Comment