ਰਈਆ ’ਚ ਮੋਦੀ ਅਤੇ ਟਰੰਪ ਦੇ ਪੁਤਲੇ ਫੂਕੇ

 


ਰਈਆ: ਸਥਾਨਕ ਕਸਬੇ ਅੰਦਰ ਜਮਹੂਰੀ ਕਿਸਾਨ ਸਭਾ ਤਹਿਸੀਲ ਇਕਾਈ ਬਾਬਾ ਬਕਾਲਾ ਸਾਹਿਬ ਦੇ ਵਰਕਰਾਂ ਦੀ ਇੱਕ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਸੂਬਾਈ ਸੱਦੇ ਨੂੰ ਲਾਗੂ ਕਰਦਿਆਂ ਕਾਰਪੋਰੇਟੋ ਭਾਰਤ ਛੱਡੋ ਦੇ ਨਾਅਰੇ ਹੇਠ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ। ਮੀਟਿੰਗ ਦੀ ਪ੍ਰਧਾਨਗੀ ਸੁਰਜੀਤ ਸਿੰਘ ਤਲਵੰਡੀ, ਸੱਜਣ ਸਿੰਘ ਤਿਮੋਵਾਲ ਨੇ ਕੀਤੀ।

ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂਆਂ ਬਲਦੇਵ ਸਿੰਘ ਸੈਦਪੁਰ, ਗੁਰਮੇਜ ਸਿੰਘ ਤਿਮੋਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਦਬਾਅ ਹੇਠ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਦਾ ਐਲਾਨ ਕੀਤਾ ਹੈ ਪਰ ਸੰਯੁਕਤ ਮੋਰਚੇ ਵਿਚ ਕੰਮ ਕਰਦੀਆਂ ਕਿਸਾਨ ਜਥੇਬੰਦੀਆਂ ਨੇ ਫ਼ੈਸਲਾ ਕੀਤਾ ਹੈ ਕਿ ਜਿੰਨਾ ਚਿਰ ਪੰਜਾਬ ਦੀ ਵਿਧਾਨ ਸਭਾ ਵਿੱਚ ਮਤਾ ਲਿਆ ਕੇ ਨੋਟੀਫਿਕੇਸ਼ਨ ਵਾਪਸ ਨਹੀਂ ਲਿਆ ਜਾਂਦਾ ਉਨਾਂ ਚਿਰ ਜਥੇਬੰਦੀਆਂ ਸੰਘਰਸ਼ ਦੇ ਮੈਦਾਨ ਵਿੱਚ ਰਹਿਣਗੀਆਂ।

ਇਸ ਮੌਕੇ 24 ਅਗਸਤ ਨੂੰ ਸਮਰਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਜਾ ਰਹੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਲਈ ਵਰਕਰਾਂ ਅੰਦਰ ਕੋਟਿਆਂ ਦੀ ਵੰਡ ਕੀਤੀ ਗਈ, ਆਗੂਆਂ ਨੇ ਕਿਹਾ ਕਿ 24 ਅਗਸਤ ਦੀ ਰੈਲੀ ਵਿੱਚ ਸਥਾਨਕ ਤਹਿਸੀਲ ਵਿੱਚੋਂ ਸੈਂਕੜੇ ਸਾਥੀ ਸ਼ਾਮਿਲ ਹੋਣਗੇ। ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਰਪੋਰੇਟੋ ਭਾਰਤ ਛੱਡੋ ਦੇ ਨਾਅਰੇ ਹੇਠ ਵਰਕਰਾਂ ਵੱਲੋਂ ਬਾਜ਼ਾਰਾਂ ਵਿੱਚ ਰੋਹ ਭਰਪੂਰ ਨਾਅਰੇਬਾਜ਼ੀ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ। ਅੱਜ ਦੇ ਦਿਨ ਦੀ ਮਹਾਨਤਾ ਬਾਰੇ ਦੱਸਦਿਆਂ ਸਭਾ ਦੇ ਸੂਬਾਈ ਵਿੱਤ ਸਕੱਤਰ ਹਰਪ੍ਰੀਤ ਸਿੰਘ ਬਟਾਰੀ ਨੇ ਕਿਹਾ ਕਿ ਬਰਤਾਨਵੀ ਸਾਮਰਾਜ ਦੇ ਖਿਲਾਫ ਦੇਸ਼ ਭਗਤਾਂ ਵਲੋਂ ਅੰਗਰੇਜ਼ੋ ਭਾਰਤ ਛੱਡੋ ਦਾ ਨਾਆਰਾ ਬੁਲੰਦ ਕਰਦਿਆਂ ਜੰਗ ਛੇੜੀ ਸੀ ਪਰ ਦੇਸ਼ ਭਗਤਾਂ ਦੀਆਂ ਅਥਾਹ ਕੁਰਬਾਨੀਆਂ ਸਦਕਾ ਪ੍ਰਾਪਤ ਕੀਤੀ ਆਜ਼ਾਦੀ ਨੂੰ ਕਾਰਪੋਰੇਟ ਘਰਾਣਿਆਂ ਤੋਂ ਫਿਰ ਖਤਰਾ ਪੈਦਾ ਹੋ ਗਿਆ ਹੈ। ਦੇਸ਼ ਦੀ ਸਰਕਾਰ ਦੇਸ਼ ਦੇ ਕੁਦਰਤੀ ਖਜ਼ਾਨੇ ਜਲ ਜੰਗਲ ਜ਼ਮੀਨ ਖਣਿਜ ਪਦਾਰਥ ਕਾਰਪੋਰੇਟ ਘਰਾਣਿਆਂ ਨੂੰ ਲੁਟਾ ਰਹੀ ਹੈ ਜਿਸ ਦੇ ਖ਼ਿਲਾਫ਼ ਤਿੱਖੀ ਜੰਗ ਲੜਨ ਤੋਂ ਸਿਵਾਏ ਕੋਈ ਰਾਹ ਨਹੀਂ ਬਚਦਾ। ਉਹਨਾਂ ਕਿਹਾ ਕਿ ਦੇਸ਼ ਦੇ ਲੋਕ ਕਦੇ ਵੀ ਆਪਣੇ ਦੇਸ਼ ਉੱਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਬਰਦਾਸ਼ਤ ਨਹੀਂ ਕਰਨਗੇ ਅਤੇ ਕਾਰਪੋਰੇਟਾਂ ਨੂੰ ਰੋਕਣ ਲਈ ਹੋਰ ਤਿੱਖੇ ਸੰਘਰਸ਼ ਲੜਨਗੇ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

ਜਮਹੂਰੀ ਕਿਸਾਨ ਸਭਾ ਪੰਜਾਬ ਸਾਰੇ ਪੰਜਾਬ ‘ਚ 09 ਸਤੰਬਰ ਨੂੰ ਸੋਪੇਗੀ ਜਿਲ੍ਹਾ/ ਤਹਿਸੀਲਾਂ ਤੇ ਮੰਗ ਪੱਤਰ

ਸੈਂਕੜੇ ਕਿਰਤੀ ਕਿਸਾਨ ਇਲਾਕਾ ਕੂੰਮਕਲਾਂ ਵਿੱਚੋਂ ਸ਼ਾਮਿਲ ਹੋਏ ਸਮਰਾਲਾ ਦੀ ਜੇਤੂ ਰੈਲੀ ‘ਚ

ਨੋਸ਼ਹਿਰਾ ਪਨੂੰਆਂ ਵਿਖੇ ਕਿਸਾਨ ਜਥੇਬੰਦੀਆਂ ਨੇ ਸਾੜੇ ਟਰੰਪ ਅਤੇ ਮੋਦੀ ਸਰਕਾਰ ਦੇ ਪੁਤਲੇ