ਜੰਤਰ ਮੰਤਰ ਤੇ ਰੋਸ ਪ੍ਰਗਟ ਕਰ ਰਹੇ ਲੋਕਾ ਤੇ ਭਾਜਪਾ ਸਰਕਾਰ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ
ਡੇਹਲੋ-23 ਜੁਲਾਈ, ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਆਗੂਆਂ ਦੀ ਹੋਈ ਮੀਟਿੰਗ ਵਿੱਚ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਭਾਜਪਾ ਸਰਕਾਰ ਅਤੇ ਦਿੱਲੀ ਪੁਲਿਸ ਵੱਲੋਂ ਕੀਤੇ ਗਏ ਬੇਰਹਿਮ ਲਾਠੀਚਾਰਜ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਦਫ਼ਤਰ ਸਕੱਤਰ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਰਜੀਤ ਸਿੰਘ ਸੀਲੋ ਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਆਖਿਆ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਦਾ ਸੰਵਿਧਾਨਕ ਹੱਕ ਪ੍ਰਾਪਤ ਹੈ। ਪ੍ਰੰਤੂ ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਧੱਕੇਸ਼ਾਹੀ ਅਤੇ ਤਸ਼ੱਦਦ ਦੀ ਨੀਤੀ ਅਪਣਾ ਰਹੀ ਹੈ। ਜੰਤਰ-ਮੰਤਰ 'ਤੇ ਆਪਣੇ ਹੱਕ ਮੰਗ ਰਹੇ ਬੇਕਸੂਰ ਲੋਕਾਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ 'ਤੇ ਪੁਲਿਸ ਵੱਲੋਂ ਲਾਠੀਆਂ ਵਰ੍ਹਾਉਣਾ ਅਤਿ ਨਿੰਦਣਯੋਗ ਅਤੇ ਸ਼ਰਮਨਾਕ ਕਾਰਾ ਹੈ। ਉਹਨਾਂ ਆਖਿਆ ਕਿ ਭਾਜਪਾ ਸਰਕਾਰ ਤੇ ਦਿੱਲੀ ਪੁਲਿਸ ਦੀ ਇਹ ਕਾਰਵਾਈ ਇਹ ਸਿੱਧ ਕਰਦੀ ਹੈ ਕਿ ਉਹ ਲੋਕਤੰਤਰੀ ਮੁੱਲਾਂ ਨੂੰ ਦਬਾ ਕੇ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ। ਜਬਰ ਦੇ ਜ਼ੋਰ ਨਾਲ ਲੋਕਾਂ ਦੇ ਸੰਘਰਸ਼ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ। ਉਹਨਾਂ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਆਗੂਆਂ ਨੇ ਪੰਜਾਬ ਪੁਲਿਸ ਵੱਲੋ ਸਫ਼ਾਈ ਕਰਮਚਾਰੀ ਤੇ ਕੀਤੇ ਲਾਠੀਚਾਰਜ ਦੀ ਨਿੰਦਾ ਵੀ ਕੀਤੀ ਤੇ ਆਖਿਆ ਕਿ ਪੰਜਾਬ ਸਰਕਾਰ ਨੂੰ ਸੰਘਰਸ਼ ਕਰ ਰਹੇ ਲੋਕਾ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੰਗਾਂ ਮੰਨ ਕੇ ਆਪਣੇ ਚੋਣ ਵਾਅਦਿਆਂ ਮੁਤਾਬਕ ਪੱਕੇ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਇਕੱਤਰ ਹੋਏ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਜ਼ਬਰਦਸਤ ਨਾਹਰੇਬਾਜ਼ੀ ਵੀ ਕੀਤੀ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਮਲਕੀਤ ਸਿੰਘ ਗਰੇਵਾਲ, ਸਵਰਨਜੀਤ ਸਿੰਘ ਜੜਤੌਲੀ, ਦਰਸ਼ਣ ਸਿੰਘ ਛਪਾਰ, ਗੋਗੀ ਸਿੰਘ ਨਾਰੰਗਵਾਲ, ਦਰਸ਼ਣ ਸਿੰਘ ਕਿਲ੍ਹਾ ਰਾਏਪੁਰ, ਜਸਵੰਤ ਸਿੰਘ ਰੰਗੀਆਂ, ਦਰਸ਼ਣ ਸਿੰਘ ਰੰਗੀਆਂ, ਬਲਵੀਰ ਸਿੰਘ ਭੁੱਟਾ, ਰਾਜ ਗਿੱਲ ਆਦਿ ਹਾਜ਼ਰ ਸਨ।


Comments
Post a Comment