ਚੋਣ ਕਮਿਸ਼ਨ ਦੀ ਭੂਮਿਕਾ ’ਤੇ ਸਵਾਲ ਚੁੱਕਦਿਆਂ ਰਾਮਪੁਰਾ ਫੂਲ ਵਿਖੇ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ
* ਕਿਸਾਨਾਂ-ਮਜ਼ਦੂਰਾਂ ਨੇ ਲੋਕਤੰਤਰ, ਸੰਵਿਧਾਨਕ ਸੰਸਥਾਵਾਂ ਅਤੇ ਵੋਟ ਦੇ ਅਧਿਕਾਰ ਦੀ ਰਾਖੀ ਲਈ ਆਵਾਜ਼ ਬੁਲੰਦ ਕੀਤੀ
ਰਾਮਪੁਰਾ ਫੂਲ (8 ਅਕਤੂਬਰ) — ਅੱਜ ਤਹਿਸੀਲ ਰਾਮਪੁਰਾ ਫੂਲ ਵਿਖੇ ਕੁੱਲ ਹਿੰਦ ਕਿਸਾਨ ਮਹਾਸਭਾ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਇਕੱਠੇ ਹੋ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਆਮ ਲੋਕ ਹਾਜ਼ਰ ਹੋਏ, ਜਿਨ੍ਹਾਂ ਨੇ ਲੋਕਤੰਤਰਕ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕੀਤੀ।
ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਮਹਾਸਭਾ ਦੇ ਆਗੂ ਗੁਰਤੇਜ ਸਿੰਘ ਮਹਿਰਾਜ ਨੇ ਕਿਹਾ ਕਿ ਦੇਸ਼ ਦਾ ਸੰਵਿਧਾਨ ਲੋਕਾਂ ਦੇ ਲੰਮੇ ਸੰਘਰਸ਼ਾਂ, ਕੁਰਬਾਨੀਆਂ ਅਤੇ ਲੋਕਤੰਤਰਕ ਅਧਿਕਾਰਾਂ ਦੀ ਬੁਨਿਆਦ ’ਤੇ ਖੜ੍ਹਾ ਹੈ। ਵੋਟ ਦਾ ਅਧਿਕਾਰ ਆਮ ਲੋਕਾਂ ਨੂੰ ਬੜੀ ਲੰਮੀ ਜੱਦੋ-ਜਹਿਦ ਤੋਂ ਬਾਅਦ ਮਿਲਿਆ ਹੈ। ਇਸ ਲਈ ਵੋਟਰਾਂ ਦੇ ਇਸ ਬੁਨਿਆਦੀ ਅਧਿਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਜਾਂ ਅਜਿਹੀ ਪ੍ਰਕਿਰਿਆ, ਜਿਸ ਨਾਲ ਲੋਕਾਂ ਦਾ ਚੋਣ ਪ੍ਰਣਾਲੀ ’ਤੇ ਭਰੋਸਾ ਪ੍ਰਭਾਵਿਤ ਹੋਵੇ, ਅਤਿ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਸੰਵਿਧਾਨਕ ਸੰਸਥਾਵਾਂ ਦੀ ਨਿਰਪੱਖਤਾ, ਖੁਦਮੁਖਤਿਆਰੀ ਅਤੇ ਜਵਾਬਦੇਹੀ ਲੋਕਤੰਤਰ ਦੀ ਮਜ਼ਬੂਤੀ ਲਈ ਬੇਹੱਦ ਜ਼ਰੂਰੀ ਹੈ। ਜੇਕਰ ਆਮ ਲੋਕਾਂ ਨੂੰ ਇਹ ਮਹਿਸੂਸ ਹੋਵੇ ਕਿ ਉਨ੍ਹਾਂ ਦੀ ਵੋਟ ਦੀ ਕੀਮਤ ਘਟਾਈ ਜਾ ਰਹੀ ਹੈ ਜਾਂ ਚੋਣ ਪ੍ਰਕਿਰਿਆ ਸਬੰਧੀ ਉਨ੍ਹਾਂ ਦੇ ਸਵਾਲਾਂ ਦਾ ਢੁੱਕਵਾਂ ਜਵਾਬ ਨਹੀਂ ਮਿਲ ਰਿਹਾ, ਤਾਂ ਇਹ ਜਮਹੂਰੀਅਤ ਲਈ ਵੱਡਾ ਖ਼ਤਰਾ ਹੈ।
ਪ੍ਰਦਰਸ਼ਨ ਦੌਰਾਨ ਕੁੱਲ ਹਿੰਦ ਕਿਸਾਨ ਮਹਾਸਭਾ ਦੇ ਆਗੂ ਸੁਖਮੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਕਿਸੇ ਇੱਕ ਸਰਕਾਰ, ਪਾਰਟੀ ਜਾਂ ਵਿਅਕਤੀ ਦੀ ਨਿੱਜੀ ਜਾਇਦਾਦ ਨਹੀਂ ਹਨ, ਸਗੋਂ ਇਹ ਦੇਸ਼ ਦੇ ਕਰੋੜਾਂ ਲੋਕਾਂ ਦੇ ਲੋਕਤੰਤਰਕ ਅਧਿਕਾਰਾਂ ਦੀ ਰਾਖੀ ਲਈ ਬਣਾਈਆਂ ਗਈਆਂ ਹਨ। ਸੰਸਥਾਵਾਂ ਦੀ ਭਰੋਸੇਯੋਗਤਾ ਕਾਇਮ ਰੱਖਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣੀ ਲਾਜ਼ਮੀ ਹੈ। ਕਿਸਾਨ ਅਤੇ ਮਜ਼ਦੂਰ ਵਰਗ ਆਪਣੇ ਹੱਕਾਂ, ਸੰਵਿਧਾਨ ਅਤੇ ਲੋਕਤੰਤਰ ਦੀ ਰਾਖੀ ਲਈ ਸੰਘਰਸ਼ ਜਾਰੀ ਰੱਖੇਗਾ।
ਇਸ ਪ੍ਰੋਗਰਾਮ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਗੁਰਜੀਤ ਸਿੰਘ ਫੂਲ ਜਟਾਣਾ ਵੱਲੋਂ ਨਿਭਾਈ ਗਈ। ਉਨ੍ਹਾਂ ਆਖਿਆ ਕਿ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਦੀ ਮਰਿਆਦਾ ਅਤੇ ਲੋਕਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਲਈ ਲੋਕਾਂ ਨੂੰ ਜਾਗਰੂਕ ਅਤੇ ਇਕਜੁੱਟ ਹੋਣ ਦੀ ਲੋੜ ਹੈ। ਜਦੋਂ ਲੋਕ ਆਪਣੇ ਹੱਕਾਂ ਲਈ ਇਕੱਠੇ ਹੁੰਦੇ ਹਨ, ਉਦੋਂ ਹੀ ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਹੁੰਦੀਆਂ ਹਨ।
ਆਗੂਆਂ ਨੇ ਮੰਗ ਕੀਤੀ ਕਿ ਚੋਣ ਪ੍ਰਕਿਰਿਆ ਨਾਲ ਸਬੰਧਤ ਲੋਕਾਂ ਦੇ ਸਾਰੇ ਸਵਾਲਾਂ ਦਾ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾਵੇ ਅਤੇ ਚੋਣ ਸੰਸਥਾ ਪ੍ਰਤੀ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਢੁੱਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸਾਨ-ਮਜ਼ਦੂਰ ਏਕਤਾ ਨੂੰ ਮਜ਼ਬੂਤ ਕਰਦਿਆਂ ਸੰਵਿਧਾਨ, ਜਮਹੂਰੀਅਤ, ਧਰਮ-ਨਿਰਪੱਖਤਾ ਅਤੇ ਵੋਟ ਦੇ ਅਧਿਕਾਰ ਦੀ ਰਾਖੀ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਣੀ ਸੁਖਪਾਲ, ਗੁਰਜੀਤ ਸਿੰਘ, ਤਰਸੇਮ ਸਿੰਘ, ਜਗਤਾਰ ਸਿੰਘ, ਬਿਕਰ ਸਿੰਘ, ਸੁਖਦੇਵ ਬੂਟਰ, ਮਜੇਰ ਸਿੰਘ, ਸੁਖਵਿੰਦਰ ਸਿੰਘ, ਪਪਜੀਤ ਮਹਿਰਾਜ, ਸੁਖਰਾਜ ਮਹਿਰਾਜ, ਸ਼ਿਵਜੀ ਸਿੰਘ, ਗੁਰਵਿੰਦਰ ਸਿੰਘ ਨੰਬਰਦਾਰ, ਸਰਬ ਧਾਲੀਵਾਲ ਆਦਿ ਆਗੂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

Comments
Post a Comment