ਕੈਂਦਰ ਅਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਲਿਮਟ ਪੂਰੀ ਹੋਣ ਦਾ ਬਹਾਨਾ ਬਣਾਉਣਾ ਸਰਾਸਰ ਕਿਸਾਨ ਵਿਰੋਧੀ- ਜਮਹੂਰੀ ਕਿਸਾਨ ਸਭਾ

 


ਜਲੰਧਰ-15 ਨਵੰਬਰ (।      ) ਕੁੱਲ ਹਿੰਦ ਕਿਸਾਨ ਮਹਾਂ ਸਭਾ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਨੇ  ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਬੰਦ ਕਰਨ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਪ੍ਰੈੱਸ ਨੂੰ ਸੂਬਾ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਤੋਂ ਜਾਰੀ ਕੀਤੇ ਬਿਆਨ ਵਿੱਚ ਕੁੱਲ ਹਿੰਦ ਕਿਸਾਨ ਮਹਾਂ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ (ਏ ਆਈ ਕੇ ਐਮ) ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਸਰਕਾਰਾਂ ਵੱਲੋਂ ਇਹ ਤਰਕ ਦੇਣਾ ਕਿ "ਝੋਨੇ ਖਰੀਦਣ ਦੀ ਲਿਮਟ ਪੂਰੀ ਹੋ ਗਈ ਹੈ," ਪੂਰੀ ਤਰ੍ਹਾਂ ਨਾਲ ਕਿਸਾਨਾਂ ਨਾਲ ਧੋਖਾ ਅਤੇ ਉਨ੍ਹਾਂ ਦੀ ਮਿਹਨਤ ਉੱਤੇ ਪਾਣੀ ਫੇਰਨ ਵਾਂਗ ਹੈ। ਸੂਬੇ ਦੀਆਂ ਝੋਨਾ ਮੰਡੀਆਂ ਵਿੱਚ ਅੱਜ ਵੀ ਲੱਖਾਂ ਕੁਇੰਟਲ ਝੋਨਾ ਬਿਨਾਂ ਵਿਕੇ ਖੁੱਲੇ ਆਸਮਾਨ ਹੇਠ ਜਾਂ ਆੜ੍ਹਤਾਂ ਦੀਆਂ ਦੁਕਾਨਾਂ  ਅੱਗੇ ਪਿਆ ਹੋਇਆ ਹੈ। ਅਜਿਹੇ ਸਮੇਂ ਵਿੱਚ ਜਦੋਂ ਕਿਸਾਨ ਆਪਣੀ ਫ਼ਸਲ ਨੂੰ ਵੇਚਣ ਲਈ ਦਿਨ-ਰਾਤ ਮੰਡੀਆਂ ਵਿੱਚ ਖੱਜਲ ਹੋ ਰਹੇ ਹਨ, ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਹੱਥ ਖੜ੍ਹੇ ਕਰ ਦੇਣਾ ਇਹ ਸਾਬਤ ਕਰਦਾ ਹੈ ਕਿ ਦੋਵੇਂ ਸਰਕਾਰਾਂ ਕਾਰਪੋਰੇਟ ਘਰਾਣਿਆਂ ਅਤੇ ਵਿਚੋਲਿਆਂ ਦੇ ਇਸ਼ਾਰੇ ਉੱਤੇ ਕੰਮ ਕਰ ਰਹੀਆਂ ਹਨ। ਉਹਨਾਂ ਮੰਗ ਕੀਤੀ ਕਿ ਝੋਨੇ ਦੀ ਤੁਰੰਤ ਖਰੀਦ ਸ਼ੁਰੂ  ਹੋਵੇ, ਮੰਡੀਆਂ ਵਿੱਚ ਪਏ ਇੱਕ-ਇੱਕ ਦਾਣੇ ਦੀ ਖਰੀਦ ਬਿਨਾਂ ਕਿਸੇ ਰੋਕ-ਟੋਕ ਅਤੇ ਲਿਮਟ ਦੇ ਤੁਰੰਤ ਯਕੀਨੀ ਬਣਾਈ ਜਾਵੇ, ਖਰੀਦ ਉੱਤੇ ਲਗਾਈ ਗਈ ਅਖੌਤੀ 'ਸੀਮਾ' (ਲਿਮਟ) ਦੇ ਤੁਗਲਕੀ ਫ਼ਰਮਾਨ ਨੂੰ ਤੁਰੰਤ ਰੱਦ ਕੀਤਾ ਜਾਵੇ, ਮੰਡੀਆਂ ਵਿੱਚ ਨਮੀ ਜਾਂ ਹੋਰ ਕਾਰਨਾਂ ਕਰਕੇ ਪ੍ਰੇਸ਼ਾਨ ਹੋ ਰਹੇ ਕਿਸਾਨਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ, ਝੋਨਾ 22% ਨਮੀ ਤੇ ਖ਼ਰੀਦਿਆ ਜਾਵੇ ਅਤੇ ਫ਼ਸਲ ਚੁੱਕੀ ਜਾਵੇ।

ਪ੍ਰੈੱਸ ਨੂੰ ਪ੍ਰੈੱਸ ਨੋਟ ਜਾਰੀ ਕਰਦਿਆਂ ਸਭਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਜੇਕਰ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਆਪਣਾ ਇਹ ਕਿਸਾਨ-ਵਿਰੋਧੀ ਫ਼ੈਸਲਾ ਤੁਰੰਤ ਵਾਪਸ ਨਾ ਲਿਆ ਅਤੇ ਮੰਡੀਆਂ ਵਿੱਚ ਝੋਨੇ ਦੀ ਸੁਚਾਰੂ ਖਰੀਦ ਸ਼ੁਰੂ ਨਾ ਕੀਤੀ, ਤਾਂ ਜਮਹੂਰੀ ਕਿਸਾਨ ਸਭਾ ਪੰਜਾਬ ਕਿਸਾਨਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।

Comments

ਜ਼ਰੂਰੀ ਸੁਨੇਹੇ

ਜ਼ਰੂਰੀ ਸੁਨੇਹੇ
ਭਾਜਪਾ ਹਰਾਓ, ਕਾਰਪੋਰੇਟ ਭਜਾਓ ਤੇ ਦੇਸ਼ ਬਚਾਓ!

ਪਾਪੂਲਰ ਪੋਸਟਾਂ

26 ਨਵੰਬਰ ਨੂੰ ਪੰਜਾਬ ਵਿੱਚ ਚਾਰ ਥਾਵਾਂ ਤੇ ਸੰਯੁਕਤ ਕਿਸਾਨ ਮੋਰਚਾ ਕਰੇਗਾ ਵੱਡੀਆਂ ਰੈਲੀਆਂ

ਸ਼ਹੀਦ ਸਰਾਭਾ ਅਤੇ ਉਹਨਾਂ ਦੇ ਸਾਥੀਆਂ ਨੂੰ ਪਿੰਡ ਸਰਾਭਾ ਵਿੱਚ ਕੀਤੀਆਂ ਸਰਧਾਂਜਲੀਆਂ ਭੇਟ